You are currently viewing ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨਾ ਬਣਦਾ ਹੈ ਹਰ ਮਨੁੱਖ ਦਾ ਮੁੱਢਲਾ ਫਰਜ: ਦੇਸ਼ ਰਾਜ

ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨਾ ਬਣਦਾ ਹੈ ਹਰ ਮਨੁੱਖ ਦਾ ਮੁੱਢਲਾ ਫਰਜ: ਦੇਸ਼ ਰਾਜ

ਪੁਲਿਸ ਪਬਲਿਕ ਸਕੂਲ ਵਿਖੇ ਸੜਕ ਸੁਰੱਖਿਆ ਸਪਤਾਹ ਤਹਿਤ ਕਰਵਾਇਆ ਗਿਆ ਸੈਮੀਨਾਰ

ਵਿਦਿਅਕ ਸੰਸਥਾਵਾਂ, ਟਰੱਕ-ਟੈਂਪੂ ਯੂਨੀਅਨਾਂ ਤੇ ਹੋਰ ਥਾਵਾਂ ਤੇ ਕਰਵਾਏ ਜਾਣਗੇ ਜਾਗਰੂਕਤਾ ਸੈਮੀਨਾਰ

 

ਬਠਿੰਡਾ, 11 ਜਨਵਰੀ (ਲਖਵਿੰਦਰ ਸਿੰਘ ਗੰਗਾ)

 

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ “ਸੁਰੱਖਿਅਤ ਪੰਜਾਬ-ਸੋਹਣਾ ਪੰਜਾਬ” ਤਹਿਤ 17 ਜਨਵਰੀ ਤੱਕ ਮਨਾਏ ਜਾ ਰਹੇ “ਸੜ੍ਹਕ ਸੁਰੱਖਿਆ ਸਪਤਾਹ” ਤਹਿਤ ਸਥਾਨਕ ਪੁਲਿਸ ਪਬਲਿਕ ਸਕੂਲ ਵਿਖੇ ਸੈਮੀਨਾਰ ਦਾ ਆਯੋਜਿਨ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਆਰ.ਟੀ.ਏ. ਬਠਿੰਡਾ ਸ੍ਰੀ ਰਾਜਦੀਪ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਦੀ ਪ੍ਰਧਾਨਗੀ ਸੇਵਾ ਮੁਕਤ ਐਸ.ਐਸ.ਪੀ. ਵਿਜੀਲੈਂਸ ਅਤੇ ਮੌਜੂਦਾ ਸਮੇਂ ਜੁਆਇੰਟ ਡਾਇਰੈਕਟਰ ਟ੍ਰੈਫ਼ਿਕ ਸ੍ਰੀ ਦੇਸ਼ ਰਾਜ ਵੱਲੋਂ ਕੀਤੀ ਗਈ।

ਇਸ ਮੌਕੇ ਜੁਆਇੰਟ ਡਾਇਰੈਕਟਰ ਟ੍ਰੈਫ਼ਿਕ ਸ੍ਰੀ ਦੇਸ਼ ਰਾਜ ਨੇ ਸੂਬਾ ਸਰਕਾਰ ਵੱਲੋਂ ਮਨਾਏ ਜਾ ਰਹੇ ਸੜ੍ਹਕ ਸੁਰੱਖਿਆ ਸਪਤਾਹ ਦੀ ਅਹਿਮੀਅਤ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਹਰੇਕ ਨਾਗਰਿਕ ਲਈ ਅਤਿ ਜ਼ਰੂਰੀ ਹੈ, ਕਿਉਂਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਹੀ ਕਈ ਤਰ੍ਹਾਂ ਦੇ ਸੜਕੀ ਹਾਦਸੇ ਵਾਪਰਦੇ ਹਨ। ਇਨ੍ਹਾਂ ਹਾਦਸਿਆਂ ਕਾਰਨ ਕਈ ਕੀਮਤੀ ਮਨੁੱਖੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ। ਇਨ੍ਹਾਂ ਸੜ੍ਹਕੀ ਹਾਦਸਿਆਂ ਤੋਂ ਬਚਾਅ ਲਈ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨਾ ਹਰ ਮਨੁੱਖ ਦਾ ਮੁੱਢਲਾ ਫਰਜ ਬਣਦਾ ਹੈ।
ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਕਾਰ ਚਲਾਉਣ ਸਮੇਂ ਸੀਟ ਬੈਲਟ ਲਗਾਉਣੀ ਅਤੇ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਪਹਿਨਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਟਰੈਫਿਕ ਲਾਈਟਾਂ ‘ਤੇ ਹਰੀ ਬੱਤੀ ਹੋਣ ਤੱਕ ਇੰਤਜ਼ਾਰ ਕਰਨਾ ਚਾਹੀਦਾ ਹੈ ਅਤੇ ਕਦੇ ਵੀ ਕਿਸੇ ਵਾਹਨ ਨੂੰ ਗਲਤ ਸਾਈਡ ਤੋਂ ਓਵਰਟੇਕ ਨਹੀਂ ਕਰਨਾ ਚਾਹੀਦਾ। ਇਸ ਤੋਂ ਇਲਾਵਾ ਗੱਡੀਆਂ ਪਾਰਕ ਕਰਨ ਸਮੇਂ ਵੀ ਸਹੀ ਸਥਾਨ ‘ਤੇ ਹੀ ਗੱਡੀਆਂ ਪਾਰਕ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਆਉਣ ਜਾਣ ਵਾਲੀ ਟਰੈਫਿਕ ਵਿੱਚ ਵਿਘਨ ਨਾ ਪਵੇ।
ਇਸ ਮੌਕੇ ਆਰ.ਟੀ.ਏ.ਬਠਿੰਡਾ ਸ. ਰਾਜਦੀਪ ਸਿੰਘ ਬਰਾੜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੜਕ ਸੁਰੱਖਿਆ ਸਪਤਾਹ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ, ਟਰੱਕ ਯੂਨੀਅਨਾਂ, ਟੈਂਪੂ ਯੂਨੀਅਨਾਂ ਅਤੇ ਹੋਰ ਥਾਵਾਂ ਤੇ ਜਾਗਰੂਕਤਾ ਸੈਮੀਨਾਰ ਕਰਵਾਏ ਜਾਣਗੇ ਅਤੇ ਇਨ੍ਹਾਂ ਜਾਗਰੂਕਤਾ ਸੈਮੀਨਾਰਾਂ ਵਿੱਚ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੋੜ ਅਨੁਸਾਰ ਅੱਖਾਂ ਦਾ ਚੈਕਅੱਪ ਕਰਨ ਲਈ ਕੈਂਪ ਵੀ ਲਗਾਏ ਜਾਣਗੇ ।
ਆਰ.ਟੀ.ਏ. ਸ. ਬਰਾੜ ਨੇ ਕਿਹਾ ਕਿ ਵਹੀਕਲ ਚਲਾਉਂਦੇ ਸਮੇਂ ਕਦੇ ਵੀ ਜਲਦੀ ਨਹੀਂ ਕਰਨੀ ਚਾਹੀਦੀ, ਕਿਉਂਕਿ ਬੇਲੋੜੀ ਜਲਦੀ ਕਈ ਹਾਦਸਿਆਂ ਦਾ ਕਾਰਨ ਬਣ ਸਕਦੀ ਹੈ। ਇਸ ਲਈ ਸੜਕ ਤੇ ਵਾਹਨ ਚਲਾਉਂਦੇ ਸਮੇਂ ਸਾਨੂੰ ਟਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਦੇ ਹੋਏ ਵਾਹਨ ਚਲਾਉਣੇ ਚਾਹੀਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਨਸ਼ੇ ਦਾ ਸੇਵਨ ਕਰਕੇ ਵਾਹਨ ਚਲਾਉਣਾ ਘਾਤਕ ਸਿੱਧ ਹੋ ਸਕਦਾ ਹੈ। ਹਮੇਸ਼ਾ ਇਸ ਤੋਂ ਗੁਰੇਜ ਕਰਨਾ ਚਾਹੀਦਾ ਹੈ।
ਇਸ ਸੈਮੀਨਾਰ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਮੋਨਿਕਾ ਸਿੰਘ ਨੇ ਸੜਕ ਸੁਰੱਖਿਆ ਸਪਤਾਹ ਦੀ ਮਹੱਤਤਾ ਬਾਰੇ ਜਾਣੂੰ ਕਰਵਾਉਂਦਿਆ ਕਿਹਾ ਕਿ ਮਾਪਿਆਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਤ ਕਰਨ ਕਿਉਂਕਿ ਜੇਕਰ ਬੱਚੇ ਇਨ੍ਹਾਂ ਨਿਯਮਾਂ ਸਬੰਧੀ ਜਾਗਰੂਕ ਹੋਣਗੇ ਤਾਂ ਉਹ ਆਪਣੇ ਸੰਪਰਕ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕਰਨਗੇ। ਇਸ ਤਰ੍ਹਾਂ ਸੜਕੀ ਹਾਦਸਿਆਂ ਨੂੰ ਠੱਲ ਪਾਈ ਜਾ ਸਕੇਗੀ।
ਸੈਮੀਨਾਰ ਮੌਕੇ ਡੀਐਸਪੀ ਸਿਟੀ-1 ਸ. ਵਿਸ਼ਵਜੀਤ ਸਿੰਘ ਮਾਨ, ਟ੍ਰੈਫ੍ਰਿਕ ਇੰਚਾਰਜ ਅਮਰੀਕ ਸਿੰਘ, ਸੁਖਰਾਜ ਸਿੰਘ, ਹਾਕਮ ਸਿੰਘ ਵੱਲੋਂ ਵੀ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਣੂੰ ਕਰਵਾਇਆ ਗਿਆ। ਇਸ ਮੌਕੇ ਆਸਰਾ ਵੈਲਫੇਅਰ ਸੁਸਾਇਟੀ ਵੱਲੋਂ ਸਕੂਲੀ ਵਾਹਨਾਂ ਤੇ ਰਿਫ਼ਲੈਕਟਰ ਵੀ ਲਗਾਏ ਗਏ।