ਪਹਿਲੀ ਜੂਨ ਨੂੰ ਪੈਣ ਵਾਲੀਆਂ ਵੋਟਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ : ਜਸਪ੍ਰੀਤ ਸਿੰਘ
• ਚੋਣ ਅਮਲਾ ਵੋਟਾਂ ਪਵਾਉਣ ਲਈ ਆਪੋਂ-ਆਪਣੇ ਪੋਲਿੰਗ ਸਟੇਸ਼ਨਾਂ ਲਈ ਹੋਇਆ ਰਵਾਨਾ
• 1814 ਪੋਲਿੰਗ ਸਟੇਸ਼ਨਾਂ ਲਈ 14077 ਚੋਣ ਅਮਲਾ ਤਾਇਨਾਤ
• ਬਠਿੰਡਾ ਲੋਕ ਸਭਾ ਹਲਕੇ ’ਚ 1651188 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਕਰਨਗੇ ਵਰਤੋਂ
• ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਮਾਡਲ, ਹਰੇ ਤੇ ਗੁਲਾਬੀ, ਯੂਥ ਅਤੇ ਦਿਵਿਆਂਗ ਪ੍ਰਬੰਧਿਤ ਬੂਥਾਂ ਦਾ ਪ੍ਰਬੰਧ
· ਵੋਟਾਂ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ
· ਨਤੀਜ਼ੇ 4 ਜੂਨ ਨੂੰ ਜਾਣਗੇ ਐਲਾਨੇ
· ਪੋਲਿੰਗ ਬੂਥ ਅੰਦਰ ਮੋਬਾਇਲ ਫੋਨ ਲਿਜਾਣ ਦੀ ਨਹੀਂ ਹੋਵੇਗੀ ਆਗਿਆ
ਬਠਿੰਡਾ, 31 ਮਈ : ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪਹਿਲੀ ਜੂਨ ਨੂੰ ਪੈਣ ਜਾਣ ਵਾਲੀਆਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ, ਜਿਨ੍ਹਾਂ ਦੇ ਨਤੀਜ਼ੇ 4 ਜੂਨ ਨੂੰ ਐਲਾਨੇ ਜਾਣਗੇ। ਉਨ੍ਹਾਂ ਕਿਹਾ ਕਿ ਚੋਣ ਅਮਲੇ ਨੂੰ ਸਵੇਰੇ ਹੀ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ, ਜੋ ਸ਼ਾਮ ਤੱਕ ਆਪੋਂ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਪਹੁੰਚ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਡਿਊਟੀ ਦੌਰਾਨ ਜੇਕਰ ਕੋਈ ਵੀ ਕਰਮਚਾਰੀ ਗੈਰ ਹਾਜ਼ਰ ਜਾਂ ਚੋਣ ਡਿਊਟੀ ’ਚ ਕੋਤਾਹੀ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਲੋਕ ਪ੍ਰਤੀਨਿਧਤਾ ਐਕਟ 1951 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਜ਼ਿਲ੍ਹਾ ਚੋਣ ਅਫਸਰ ਨੇ ਅੱਗੇ ਦੱਸਿਆ ਕਿ ਲੋਕ ਸਭਾ ਹਲਕਾ ਬਠਿੰਡਾ ਅਧੀਨ 9 ਵਿਧਾਨ ਸਭਾ ਹਲਕੇ ਪੈਂਦੇ ਹਨ, ਜਿਨ੍ਹਾਂ ਚ 83-ਲੰਬੀ, 91-ਭੁੱਚੋ ਮੰਡੀ (ਐਸਸੀ), 92-ਬਠਿੰਡਾ (ਸ਼ਹਿਰੀ), 93-ਬਠਿੰਡਾ (ਦਿਹਾਤੀ) (ਐਸਸੀ), 94-ਤਲਵੰਡੀ ਸਾਬੋ, 95-ਮੌੜ, 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ (ਐਸਸੀ) ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਬਠਿੰਡਾ ਲਈ ਕੁੱਲ 1814 ਪੋਲਿੰਗ ਸਟੇਸ਼ਨ ਲਈ 14077 ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ, ਜਿਸ ’ਚ 7542 ਮਰਦ ਅਤੇ 6535 ਔਰਤਾਂ ਸ਼ਾਮਲ ਹਨ।
ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਬਠਿੰਡਾ ਲੋਕ ਸਭਾ ਹਲਕੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਦੇ ਕੁੱਲ ਜਨਰਲ ਵੋਟਰਾਂ ਦੀ ਗਿਣਤੀ 1651188 ਹੈ, ਜਿਨ੍ਹਾਂ ’ਚ 870014 ਮਰਦ, 781140 ਔਰਤ ਵੋਟਰ ਹਨ ਅਤੇ 34 ਟਰਾਂਸਜੈਂਡਰ ਵੋਟਰ ਹਨ। ਇਸ ਤੋਂ ਇਲਾਵਾ ਬਠਿੰਡਾ ਲੋਕ ਸਭਾ ਹਲਕੇ ਵਿੱਚ 7975 ਸਰਵਿਸ ਵੋਟਰਾਂ ਹਨ ਜਿਨ੍ਹਾਂ ਚ ਵਿਧਾਨ ਸਭਾ ਹਲਕਾ ਭੁੱਚੋ ਤੋਂ 838, ਬਠਿੰਡਾ (ਸ਼ਹਿਰੀ) ਤੋਂ 338, ਬਠਿੰਡਾ (ਦਿਹਾਤੀ) ਤੋਂ 762, ਤਲਵੰਡੀ ਸਾਬੋ ਤੋਂ 812, ਮੌੜ ਤੋਂ 1335, ਲੰਬੀ ਤੋਂ 550, ਮਾਨਸਾ ਤੋਂ 902, ਸਰਦੂਲਗੜ੍ਹ ਤੋਂ 1133 ਅਤੇ ਵਿਧਾਨ ਸਭਾ ਹਲਕਾ ਬੁਢਲਾਡਾ ਤੋਂ 1305 ਸਰਵਿਸ ਵੋਟਰ ਸ਼ਾਮਲ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਾਰ 18-19 ਸਾਲ ਵਰਗ ਦੇ 39306 ਨਵੇਂ ਨੌਜਵਾਨ ਵੋਟਰ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ।
ਜ਼ਿਲ੍ਹਾ ਚੋਣ ਅਫਸਰ ਨੇ ਅੱਗੇ ਹੋਰ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ’ਚ 50 ਮਾਡਲ ਬੂਥ, 6 ਦਿਵਿਯਾਂਗ ਵੋਟਰਾਂ ਲਈ, 5 ਨਵੇਂ ਵੋਟਰਾਂ ਲਈ, 7 ਗਰੀਨ ਅਤੇ 26 ਪਿੰਕ ਪੋਲਿੰਗ ਬੂਥ ਬਣਾਏ ਗਏ ਹਨ।
*ਬਾਕਸ ਲਈ ਪ੍ਰਸਤਾਵਿਤ*
ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵਜੋਂ ਪੋਲਿੰਗ ਸਟੇਸ਼ਨ ‘ਤੇ ਨਾਲ ਲਿਜਾ ਸਕਦਾ ਹੈ।
ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ, ਪਰ ਵਿਅਕਤੀ ਦਾ ਨਾਂਅ ਵੋਟਰ ਸੂਚੀ ਵਿਚ ਹੋਣਾ ਲਾਜ਼ਮੀ ਹੈ।
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ.ਪੀ. ਆਰ. ਅਧੀਨ ਆਰ. ਜੀ. ਆਈ. ਵੱਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।
ਜ਼ਿਲ੍ਹਾ ਚੋਣ ਅਫਸਰ ਨੇ ਹੋਰ ਦੱਸਿਆ ਕਿ ਪੋਲਿੰਗ ਬੂਥ ਅੰਦਰ ਮੋਬਾਇਲ ਫੋਨ ਲੈ ਕੇ ਜਾਣ ਦੀ ਆਗਿਆ ਨਹੀਂ ਹੋਵੇਗੀ।
ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਤਾਂ ਜੋ “ਇਸ ਵਾਰ 70 ਪਾਰ” ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ।